ਫਿਰੋਜ਼ਪੁਰ ਵਿੱਚ BSF ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਸਕੂਲੀ ਵਿਦਿਆਰਥੀਆਂ ਨੂੰ ਦਿੱਤੀ ਗਈ ਹਥਿਆਰਾਂ ਬਾਰੇ ਜਾਣਕਾਰੀ
- kakkar.news
- November 19, 2026
- Education Punjab
ਫਿਰੋਜ਼ਪੁਰ ਵਿੱਚ BSF ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਸਕੂਲੀ ਵਿਦਿਆਰਥੀਆਂ ਨੂੰ ਦਿੱਤੀ ਗਈ ਹਥਿਆਰਾਂ ਬਾਰੇ ਜਾਣਕਾਰੀ
ਫਿਰੋਜ਼ਪੁਰ, 19 ਨਵੰਬਰ 2026 (ਅਨੁਜ ਕੱਕੜ ਟੀਨੂੰ)
ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਦੇਸ਼ ਦੀ ਸੁਰੱਖਿਆ ਅਤੇ ਸਰਹੱਦਾਂ ਦੀ ਰਾਖੀ ਲਈ ਵਰਤੇ ਜਾਂਦੇ ਹਥਿਆਰਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਹਥਿਆਰ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਵਰਤੇ ਜਾਂਦੇ ਵੱਖ-ਵੱਖ ਕਿਸਮ ਦੇ ਹਥਿਆਰਾਂ ਦੀ ਜਾਣਕਾਰੀ ਦਿੱਤੀ ਗਈ।
ਪ੍ਰਦਰਸ਼ਨੀ ਦੌਰਾਨ ਬੀਐਸਐਫ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਸਮੇਂ ਜਵਾਨ ਕਿਹੜੇ-ਕਿਹੜੇ ਹਥਿਆਰਾਂ ਦੀ ਵਰਤੋਂ ਕਰਦੇ ਹਨ ਅਤੇ ਵੱਖ-ਵੱਖ ਸਥਿਤੀਆਂ ਵਿੱਚ ਕਿਸ ਤਰ੍ਹਾਂ ਦੇ ਹਥਿਆਰ ਕੰਮ ਆਉਂਦੇ ਹਨ। ਇਸ ਤੋਂ ਇਲਾਵਾ ਹਥਿਆਰਾਂ ਦੀ ਕਾਰਜਪ੍ਰਣਾਲੀ, ਉਨ੍ਹਾਂ ਦੀ ਸਮਰੱਥਾ ਅਤੇ ਇੱਕ ਮਿੰਟ ਵਿੱਚ ਗੋਲੀਆਂ ਚਲਾਉਣ ਦੀ ਸਮਰੱਥਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਮੁੱਖ ਮਕਸਦ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਦੇਸ਼ ਦੀ ਸੁਰੱਖਿਆ ਲਈ ਬੀਐਸਐਫ ਦੇ ਜਵਾਨਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਤੋਂ ਜਾਣੂ ਕਰਵਾਉਣਾ ਹੈ। ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਬੀਐਸਐਫ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਕਰਨਾ ਵੀ ਇਸ ਉਪਰਾਲੇ ਦਾ ਇੱਕ ਅਹਿਮ ਉਦੇਸ਼ ਰਿਹਾ।
ਇਸ ਮੌਕੇ ਵਿਦਿਆਰਥੀਆਂ ਨੇ ਵੀ ਪ੍ਰਦਰਸ਼ਨੀ ਪ੍ਰਤੀ ਕਾਫ਼ੀ ਉਤਸ਼ਾਹ ਦਿਖਾਇਆ। ਉਨ੍ਹਾਂ ਕਿਹਾ ਕਿ ਹਥਿਆਰਾਂ ਨੂੰ ਨੇੜਿਓਂ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਅਤੇ ਦੇਸ਼ ਦੀ ਸੁਰੱਖਿਆ ਕਰਨ ਵਾਲੇ ਸੁਰੱਖਿਆ ਬਲਾਂ ਕੋਲ ਮੌਜੂਦ ਹਥਿਆਰਾਂ ਬਾਰੇ ਨਵੀਂ ਜਾਣਕਾਰੀ ਹਾਸਲ ਹੋਈ। ਵਿਦਿਆਰਥੀਆਂ ਨੇ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਾਲ ਉਨ੍ਹਾਂ ਨੂੰ ਦੇਸ਼ ਦੀ ਰੱਖਿਆ ਵਿੱਚ ਸੁਰੱਖਿਆ ਬਲਾਂ ਦੇ ਯੋਗਦਾਨ ਨੂੰ ਸਮਝਣ ਦਾ ਮੌਕਾ ਮਿਲਦਾ ਹੈ।
