ਫਿਰੋਜ਼ਪੁਰ ‘ਚ ਹਨੀ ਟ੍ਰੈਪ ਗਿਰੋਹ ਦਾ ਪਰਦਾਫਾਸ਼, ਦੋ ਔਰਤਾਂ ਸਮੇਤ 4 ਗ੍ਰਿਫ਼ਤਾਰ
- kakkar.news
- November 22, 2026
- Crime Punjab
ਫਿਰੋਜ਼ਪੁਰ ਪੁਲਿਸ ਨੇ ਦੋ ਔਰਤਾਂ ਸਮੇਤ ਚਾਰ ਮੁਲਜ਼ਮਾਂ ਨੂੰ ਕੀਤਾ ਕਾਬੂ, ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਿਰੋਜ਼ਪੁਰ, 22 ਨਵੰਬਰ 2026 (ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਵਿੱਚ ਹਨੀ ਟ੍ਰੈਪ ਰਾਹੀਂ ਵਿਅਕਤੀ ਨੂੰ ਬਲੈਕਮੇਲ ਕਰਕੇ ਇੱਕ ਲੱਖ ਰੁਪਏ ਦੀ ਮੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਔਰਤਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਦੋ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਵਿਅਕਤੀ ਨੇ ਦੱਸਿਆ ਕਿ ਮੁਲਜ਼ਮ ਰਿਸ਼ਤੇ ਕਰਵਾਉਣ ਦਾ ਕੰਮ ਕਰਦੇ ਸਨ। ਇਸੇ ਬਹਾਨੇ ਉਸ ਨੂੰ ਪਿੰਡ ਹਬੀਬ ਕੇ ਵਿਖੇ ਰਿਸ਼ਤੇ ਦੀ ਗੱਲਬਾਤ ਕਰਨ ਲਈ ਬੁਲਾਇਆ ਗਿਆ। ਜਦੋਂ ਉਹ ਦੱਸੇ ਗਏ ਸਥਾਨ ‘ਤੇ ਪਹੁੰਚਿਆ ਤਾਂ ਉਸ ਨੂੰ ਇੱਕ ਕਮਰੇ ਵਿੱਚ ਲਿਜਾਇਆ ਗਿਆ, ਜਿੱਥੇ ਕਥਿਤ ਤੌਰ ‘ਤੇ ਉਸ ਨੂੰ ਨੰਗਾ ਕਰਕੇ ਉਸ ਦੀ ਅਸ਼ਲੀਲ ਵੀਡੀਓ ਬਣਾਈ ਗਈ।
ਪੀੜਤ ਅਨੁਸਾਰ ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਨੂੰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਇੱਕ ਲੱਖ ਰੁਪਏ ਦੀ ਮੰਗ ਕੀਤੀ। ਕਿਸੇ ਤਰ੍ਹਾਂ ਮੁਲਜ਼ਮਾਂ ਦੇ ਚੁੰਗਲ ਵਿੱਚੋਂ ਨਿਕਲ ਕੇ ਉਹ ਆਪਣੇ ਘਰ ਪਹੁੰਚਿਆ ਅਤੇ ਬਾਅਦ ਵਿੱਚ ਸਾਰੀ ਘਟਨਾ ਪੁਲਿਸ ਦੇ ਧਿਆਨ ਵਿੱਚ ਲਿਆਂਦੀ।
ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
