28 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ
- 123 Views
- kakkar.news
- September 27, 2022
- Punjab
- 28 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ
- ਹੁਸੈਨੀਵਾਲਾ ਸ਼ਹੀਦੀ ਸਮਾਰਕ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ
- ਸੱਭਿਆਚਾਰਕ ਪ੍ਰੋਗਰਾਮ,ਲਾਈਟ ਅਤੇ ਸਾਂਊਡ ਸ਼ੋਅ ਅਤੇ ਉੱਘੇ ਗਾਇਕ ਰਵਿੰਦਰ ਗਰੇਵਾਲ ਹੋਣਗੇ ਪ੍ਰਮੁੱਖ ਖਿੱਚ ਦਾ ਕੇਂਦਰ
- ਲੋਕ ਘਰਾਂ ਉੱਤੇ ਤਿਰੰਗਾ ਲਹਿਰਾਉਣ ਅਤੇ ਰਾਤ ਨੂੰ ਦੀਵੇ /ਮੋਮਬੱਤੀਆਂ ਜਗਾਉਣ -ਵਧੀਕ ਡਿਪਟੀ ਕਮਿਸ਼ਨਰ
- ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਹੁਸੈਨੀਵਾਲਾ ਬਾਰਡਰ ਤੱਕ ਸਵੇਰੇ ਕੱਢੀ ਜਾਵੇਗੀ ਰੈਲੀ
ਫਿਰੋਜ਼ਪੁਰ, 27 ਸਤੰਬਰ ( ਸੁਭਾਸ਼ ਕੱਕੜ)
– ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿਚ ਹੁਸੈਨੀਵਾਲਾ ਸ਼ਹੀਦੀ ਸਮਾਰਕ ਫਿਰੋਜ਼ਪਰ ਵਿਖੇ ਰਾਜ ਪੱਧਰੀ ਸਮਾਗਮ ਵੀ ਕਰਵਾਇਆ ਜਾਵੇਗਾ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸਾਗਰ ਸੇਤੀਆ ਨੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਬੈਠਕ ਦੌਰਾਨ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਦਾ ਜਨਮ ਦਿਵਸ ਸੂਬੇ ਭਰ ਵਿੱਚ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਸੈਨੀਵਾਲਾ ਫਿਰੋਜ਼ਪੁਰ ਵਿਖੇ ਕਰਵਾਏ ਜਾ ਰਹੇ ਰਾਜਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਨਗੇ ਅਤੇ ਇਸ ਤੋਂ ਬਾਅਦ ਵੇਰਕਾ ਫਿਰੋਜ਼ਪੁਰ ਮਿਲਕ ਪਲਾਂਟ ਪਿੰਡ ਮੱਲਵਾਲ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਾਮ 6 ਵਜੇ ਸਭਿਆਚਾਰਕ ਪ੍ਰੋਗਰਾਮ ਸ਼ੁਰੂ ਹੋਵੇਗਾ। ਜਿਸ ਵਿਚ ਰਵਾਇਤੀ ਲੋਕ ਗਾਇਨ-ਢਾਡੀ, ਨਾਟਕ ਛਿਪਣ ਤੋਂ ਪਹਿਲਾ, ਰਵਾਇਤੀ ਲੋਕ ਗਾਇਨ-ਕਵੀਸ਼ਰੀ, ਫੋਕ ਆਰਕੈਸਟਰਾ, ਲੋਕ ਨਾਚ ਝੂੰਮਰ, ਮਲਵਈ ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਜਾਣਗੇ। ਇਸ ਤੋਂ ਬਾਅਦ ਲਾਈਟ ਅਤੇ ਸਾਂਊਂਡ ਸ਼ੋਅ ਚਲਾਇਆ ਜਾਵੇਗਾ। ਇਸ ਉਪਰੰਤ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਵੱਲੋਂ ਆਪਣੇ ਗੀਤਾਂ ਨਾਲ ਸਮਾਂ ਬਣਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ ਗੁਰਦੁਆਰਾ ਸਾਰਾਗੜ੍ਹੀ ਤੋਂ ਹੁਸੈਨੀਵਾਲਾ ਬਾਰਡਰ ਤੱਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਰੈਲੀ ਕੱਢੀ ਜਾਵੇਗੀ ਅਤੇ ਸ਼ਾਮ ਨੂੰ ਕੈਂਡਲ ਮਾਰਚ ਵੀ ਕੱਢਿਆ ਜਾਵੇਗਾ ਜਿਸ ਵਿਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਸਮੇਤ ਆਮ ਲੋਕ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਸ਼ਹੀਦੇ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦੇ ਪੰਜਾਬ ਨੂੰ ਪ੍ਰੇਰਨਾ ਹਿੱਤ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ ਤੇ ਸਟੈਨਸਿਲ/ਪੇਂਟ ਕੀਤਾ ਜਾਵੇਗਾ ਅਤੇ ਸਕੂਲਾਂ ਵਿਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਜ ਪੱਧਰੀ ਸਮਾਗਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਨਾਲ ਹੀ ਇਸ ਦਿਨ ਆਪਣੇ ਘਰਾਂ ਉਂਤੇ ਤਿਰੰਗਾਂ ਲਹਿਰਾਉਣ ਅਤੇ ਰਾਤ ਨੂੰ ਦੀਵੇ/ਮੋਮਬੱਤੀਆਂ ਵੀ ਜਗਾਉਣ ਤਾਂ ਜੋ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਤੇ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ ਜਾ ਸਕੇ। ਸਮੂਹ ਲੋਕਾਂ ਨੂੰ ਇਸ ਸਮਾਗਮ ਵਿਚ ਹੁੰਮ ਹੰਮਾ ਕੇ ਪਹੁੰਚਣ ਲਈ ਸੱਦਾ ਦਿੱਤਾ ਜਾਂਦਾ ਹੈ।

