ਪੰਜਾਬ ਸਰਕਾਰ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਲਾਂਚ ਕੀਤੇ ਪੋਰਟਲ ਦਾ ਲੋਕਾਂ ਨੂੰ ਮਿਲੇਗਾ ਲਾਭ – ਡੀ.ਸੀ.
- 121 Views
- kakkar.news
- October 17, 2022
- Punjab
ਪੰਜਾਬ ਸਰਕਾਰ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਲਾਂਚ ਕੀਤੇ ਪੋਰਟਲ ਦਾ ਲੋਕਾਂ ਨੂੰ ਮਿਲੇਗਾ ਲਾਭ – ਡੀ.ਸੀ.
– ਇਕ ਕਲਿੱਕ ਰਾਹੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਸਹੂਲਤ ਉਪਲਬੱਧ
ਫਿਰੋਜ਼ਪੁਰ 17 ਅਕਤੂਬਰ (ਸੁਭਾਸ਼ ਕੱਕੜ)
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਨੂੰ ਡਿਜੀਟਲ ਕਰਕੇ ਨਾਗਰਿਕਾਂ ਦੀ ਸਹੂਲਤ ਲਈ ਖਾਨਗੀ ਤਕਸੀਮ (ਜ਼ਮੀਨ ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਆਨਲਾਈਨ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਨੇ ਸਾਂਝੀ ਕੀਤੀ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਭਾਗ ਵੱਲੋਂ ਆਨਲਾਈਨ ਪੋਰਟਲ https://eservices.punjab.gov.in ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਖਾਨਗੀ ਤਕਸੀਮ ਲਈ ਲੋਕਾਂ ਦੀਆਂ ਅਰਜ਼ੀਆਂ ਇਕ ਕਲਿੱਕ ਰਾਹੀਂ ਆਸਾਨੀ ਨਾਲ ਜਮ੍ਹਾਂ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਨਾਗਰਿਕ ਇਸ ਪੋਰਟਲ ‘ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ। ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਹਸਤਾਖ਼ਰ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਦੇਣਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ `ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ।
ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਨੇ ਕਿਹਾ ਕਿ ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਪੋਰਟਲ `ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨਾਗਰਿਕ ਕੇਂਦਰਿਤ ਪਹਿਲਕਦਮੀ ਹੱਦਬੰਦੀ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਵਿੱਚ ਅਹਿਮ ਸਾਬਤ ਹੋਵੇਗੀ ਅਤੇ ਇਸ ਨਾਲ ਵਿਵਾਦਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਕਿਰਿਆ ਸੌਖੇ ਤਰੀਕੇ ਨਾਲ ਜ਼ਮੀਨ ਦੀ ਖਰੀਦ-ਵੇਚ ਤੋਂ ਇਲਾਵਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਪ੍ਰਾਪਤ ਕਰਨ ਅਤੇ ਜਮ੍ਹਾਂਬੰਦੀ ਦੀ ਨਕਲ ਆਸਾਨੀ ਨਾਲ ਪ੍ਰਾਪਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਹੋਵੇਗਾ ਅਤੇ ਗੁੰਝਲਦਾਰ ਹੋ ਚੁੱਕਾ ਮਾਲ ਰਿਕਾਰਡ ਵੀ ਸਰਲ ਹੋਵੇਗਾ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024