ਪੰਜਾਬ ਪੁਲਸ ਨੇ 507 ਗ੍ਰਾਮ ਹੈਰੋਇਨ ਸਮੇਤ 10 ਕਥਿਤ ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ
- 98 Views
- kakkar.news
- January 23, 2023
- Punjab
ਪੰਜਾਬ ਪੁਲਸ ਨੇ 507 ਗ੍ਰਾਮ ਹੈਰੋਇਨ ਸਮੇਤ 10 ਕਥਿਤ ਨਸ਼ਾ ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ
ਫਿਰੋਜ਼ਪੁਰ 23 ਜਨਵਰੀ 2023 (ਸੁਭਾਸ਼ ਕੱਕੜ)
ਜ਼ਿਲ੍ਹਾ ਫਿਰੋਜ਼ਪੁਰ ‘ਚ ਐੱਸ. ਐੱਸ. ਪੀ. ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਸੀ. ਆਈ. ਏ. ਸਟਾਫ ਫਿਰੋਜ਼ਪੁਰ, ਥਾਣਾ ਮਮਦੋਟ, ਮਖੂ, ਥਾਣਾ ਘੱਲ ਖੁਰਦ ਤੇ ਸਦਰ ਜ਼ੀਰਾ ਦੀ ਪੁਲਸ ਨੇ 507 ਗ੍ਰਾਮ ਹੈਰੋਇਨ ਸਮੇਤ 10 ਕਥਿਤ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 2 ਕਰੋੜ ਸਾਢੇ 53 ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਡਿਟੈਕਟਿਵ ਫਿਰੋਜ਼ਪੁਰ ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਏ. ਐੱਸ. ਆਈ. ਸੁਦੇਸ਼ ਕੁਮਾਰ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੀ ਹੋਈ ਜਦੋਂ ਪਿੰਡ ਸਤੀਏਵਾਲਾ ਕੋਲ ਪਹੁੰਚੀ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਭੁਪਿੰਦਰ ਸਿੰਘ ਉਰਫ ਭਿੰਦੀ ਵਾਸੀ ਸ਼ਮਸ਼ਾਬਾਦ ਜ਼ਿਲ੍ਹਾ ਫਾਜ਼ਿਲਕਾ ਤੇ ਅਜੇ ਕੁਮਾਰ ਉਰਫ ਬਾਬੂ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਜੋ ਹੈਰੋਇਨ ਵੇਚਣ ਲਈ ਸਤੀਏ ਵਾਲਾ ਤੋਂ ਥੋੜ੍ਹਾ ਅੱਗੇ ਗਾਹਕਾਂ ਦੀ ਉਡੀਕ ਕਰ ਰਹੇ ਸਨ ਤਾਂ ਏ. ਐੱਸ. ਆਈ. ਸੁਦੇਸ਼ ਕੁਮਾਰ ਅਤੇ ਉਨ੍ਹਾਂ ਦੀ ਪਾਰਟੀ ਨੇ ਤੁਰੰਤ ਛਾਪੇਮਾਰੀ ਕਰਦਿਆਂ ਨਾਮਜ਼ਦ ਵਿਅਕਤੀਆਂ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ ਭੁਪਿੰਦਰ ਸਿੰਘ ਕੋਲੋਂ 140 ਗ੍ਰਾਮ ਹੈਰੋਇਨ ਤੇ ਅਜੇ ਕੁਮਾਰ ਕੋਲੋਂ 160 ਗ੍ਰਾਮ ਬਰਾਮਦ ਕੀਤੀ।ਏ. ਐੱਸ. ਆਈ. ਵਿਨੋਦ ਕੁਮਾਰ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ ’ਤੇ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਪਿੰਡ ਸ਼ੇਰਖਾਂ ਦੇ ਇਲਾਕੇ ’ਚ ਛਾਪੇਮਾਰੀ ਕਰਦਿਆਂ ਬਾਜ ਸਿੰਘ ਨਾਂ ਦੇ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜੋਗੇਵਾਲਾ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਮਨਜੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਪੁਲਸ ਨੇ ਵਡਭਾਗ ਸਿੰਘ ਉਰਫ ਬੱਗੂ ਤੇ ਬੂਟਾ ਸਿੰਘ ਨੂੰ 54 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਥਾਣਾ ਮਖੂ ਦੇ ਏ. ਐੱਸ. ਆਈ. ਬਲਵਿੰਦਰ ਕੌਰ ਦੀ ਅਗਵਾਈ ’ਚ ਗਸ਼ਤ ਕਰਦਿਆਂ ਪੁਲਸ ਨੇ ਸੁਮਨ ਪਤਨੀ ਨਿਸ਼ਾਨ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰਕੇ ਉਸ ਕੋਲੋਂ 28 ਗ੍ਰਾਮ ਹੈਰੋਇਨ ਬਰਾਮਦ ਕੀਤੀ।ਏ. ਐੱਸ. ਆਈ. ਭਲਵਿੰਦਰ ਸਿੰਘ ਦੀ ਅਗਵਾਈ ਹੇਠ ਸਦਰ ਜ਼ੀਰਾ ਦੀ ਪੁਲਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ ਪੰਜਾਬ ਨੰਬਰ ਦੇ ਸਪਲੈਂਡਰ ਮੋਟਰਸਾਈਕਲ ’ਤੇ ਆ ਰਹੇ ਬਲਕਰਨ ਸਿੰਘ ਤੇ ਮਨਪ੍ਰੀਤ ਸਿੰਘ ਉਰਫ ਰਾਜਾ ਵਾਸੀ ਜ਼ਿਲ੍ਹਾ ਮੋਗਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਨ੍ਹਾਂ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਏ. ਐੱਸ. ਆਈ. ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਮਮਦੋਟ ਦੀ ਪੁਲਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ ਬਿਜਲੀ ਘਰ ਕੋਲ ਬਲਜੀਤ ਸਿੰਘ ਉਰਫ ਬੀਤੂ ਨੂੰ ਕਾਬੂ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਖ਼ਿਲਾਫ਼ ਥਾਣਾ ਕੁਲਗੜ੍ਹੀ, ਮਮਦੋਟ, ਮਖੂ ਅਤੇ ਥਾਣਾ ਸਦਰ ਜ਼ੀਰਾ ਵਿਖੇ ਮਾਮਲੇ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

