ਵਿਜੀਲੈਂਸ ਬਿਊਰੋ ਨੇ ਪੁਲਿਸ ਚੌਕੀ ਵਿੱਚ ਸਮਝੌਤਾ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਕੀਤਾ ਕਾਬੂ*
- 160 Views
- kakkar.news
- February 22, 2023
- Crime Punjab
*ਵਿਜੀਲੈਂਸ ਬਿਊਰੋ ਨੇ ਪੁਲਿਸ ਚੌਕੀ ਵਿੱਚ ਸਮਝੌਤਾ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਕੀਤਾ ਕਾਬੂ*
ਫ਼ਿਰੋਜ਼ਪੁਰ , 22 ਫਰਵਰੀ: ਸੁਭਾਸ ਕੱਕੜ
ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਇੱਕ ਸਬ-ਇੰਸਪੈਕਟਰ (ਐਸ.ਆਈ.) ਜਰਨੈਲ ਸਿੰਘ, ਇੰਚਾਰਜ ਪੁਲਿਸ ਚੌਕੀ, ਮੁੱਦਕੀ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਕਰਮਚਾਰੀ ਦੇ ਖਿਲਾਫ ਭਿ੍ਸ਼ਟਾਚਾਰ ਦਾ ਇਹ ਮੁਕੱਦਮਾ ਪਿੰਡ ਪੱਕਾ ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਸੇਵਕ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ |
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਥਾਣੇਦਾਰ ਨੇ ਇੱਕ ਪੁਲਿਸ ਸ਼ਿਕਾਇਤ ਦੇ ਮਾਮਲੇ ਵਿੱਚ ਦੋ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ, ਜਿਸ ਵਿੱਚ ਉਸਦਾ ਲੜਕਾ ਵੀ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿਚ ਸੌਦਾ 28,000 ਰੁਪਏ ਵਿਚ ਹੋਇਆ ਅਤੇ ਦੋਸ਼ੀ ਨੇ ਸਮਝੌਤੇ ਦੀ ਕਾਪੀ ਦੇਣ ਲਈ ਮੌਕੇ ‘ਤੇ ਹੀ 8,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਥਾਣੇਦਾਰ ਨੂੰ ਇਹ ਪੈਸੇ ਸੌਂਪਦੇ ਸਮੇਂ ਸਬੂਤ ਵਜੋਂ ਆਪਣੇ ਫੋਨ ‘ਤੇ ਹੋਈ ਸਾਰੀ ਗੱਲਬਾਤ ਨੂੰ ਰੀਕਾਰਡ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਕਰਕੇ ਇੱਕ ਜਾਲ ਵਿਛਾਇਆ ਹੈ ਜਿਸ ਵਿੱਚ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਐਸਆਈ ਜਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


