ਦਫਤਰੀ ਕਾਮੇ ਅੱਜ ਸੱਤਵੇਂ ਦਿਨ ਵੀ ਕਲਮ ਛੋੜ ਹੜਤਾਲ ਤੇ ਰਹੇ
- 98 Views
- kakkar.news
- November 14, 2023
- Politics Punjab
ਦਫਤਰੀ ਕਾਮੇ ਅੱਜ ਸੱਤਵੇਂ ਦਿਨ ਵੀ ਕਲਮ ਛੋੜ ਹੜਤਾਲ ਤੇ ਰਹੇ
ਫਿਰੋਜ਼ਪੁਰ 14 ਨਵੰਬਰ 2023 (ਅਨੁਜ ਕੱਕੜ ਟੀਨੂੰ)
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ ਸੱਤਵੇਂ ਦਿਨ ਵੀ ਬਾਦਸਤੂਰ ਜਾਰੀ ਰਹੀ । ਅੱਜ ਸੱਤਵੇਂ ਦਿਨ ਵੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰਿਹਾ। ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣਾ ਕੰਮ ਕਾਜ ਮੁਕੰਮਲ ਠੱਪ ਕਰਕੇ ਸੂਬਾ ਸਰਕਾਰ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ । ਅੱਜ ਇਥੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੈਕੜੇ ਦਫਤਰੀ
ਮੁਲਾਜ਼ਮਾਂ ਨੇ ਵੱਖ ਵੱਖ ਦਫਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਡੀ.ਸੀ. ਦਫਤਰ ਫਿਰੋਜ਼ਪੁਰ ਸਾਹਮਣੇ ਜ਼ਬਰਦਸਤ ਨਾਹਰੇਬਾਜ਼ੀ ਕਰਕੇ ਪਿਛਲੇ ਸਾਲ ਸੂਬਾ ਸਰਕਾਰ ਵੱਲੋ ਪੁਰਾਣੀ ਪੈਨਸ਼ਨ ਦੇ ਕੀਤੇ ਗਏ ਅੱਧੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ । ਅੱਜ ਦੇ ਰੋਸ ਮੁਜ਼ਾਹਰੇ ਨੂੰ ਸ੍ਰੀ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ , ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਜਸਮੀਤ ਸਿੰਘ ਸੈਡੀ ਜ਼ਿਲ੍ਹਾ ਚੇਅਰਮੈਨ, ਗੁਰਪ੍ਰੀਤ ਸਿੰਘ ਸੋਢੀ ਵਾਈਸ ਚੇਅਰਮੈਨ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ ਅਤੇ ਸੁਖਚੈਨ ਸਿੰਘ ਸਟੈਨੋ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਮੁਨੀਸ਼ ਕੁਮਾਰ ਅਤੇ ਹਰਪ੍ਰੀਤ ਦੁੱਗਲ ਖਜ਼ਾਨਾ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਸੰਦੀਪ ਕਟੌਚ, ਮਨੋਜ ਖੱਟਰ, ਮਹਿਤਾਬ ਸਿੰਘ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਸ਼ੀਨਮ, ਨਰਿੰਦਰ ਕੌਰ ਡੀ.ਸੀ. ਦਫਤਰ, ਸਮੀਰ ਮਾਨਕਟਾਲਾ ਆਯੁਰਵੈਦਿਕ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ ਤੋ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ ।
ਇਸ ਮੌਕੇ ਮੁਲਾਜ਼ਮਾਂ ਦੇ ਭਰਵੇਂ ਇੱਕਠਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ: ਪਿੱਪਲ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਵੱਲੋ ਸੂਬੇ ਦੇ ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-205 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਏਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀ ਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ। ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੀ.ਐੈਸ.ਐਮ.ਐਸ.ਯੂ. ਪੰਜਾਬ ਵੱਲੋ ਮੁਲਾਜ਼ਮਾਂ ਮੰਗਾਂ ਦੀ ਪੂਰਤੀ ਲਈ 8 ਨਵੰਬਰ ਤੋ ਆਰੰਭੀ ਗਈ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਜੋ 20 ਨਵੰਬਰ ਤੱਕ ਜਾਰੀ ਰਹੇਗੀ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਇਹ ਕਲਮ ਛੋੜ ਹੜਤਾਲ ਅਣਮਿੱਥੇ ਸਮੇ ਲਈ ਕਰ ਦਿੱਤੀ ਜਾਵੇਗੀ । ਸ: ਸਿੱਧੂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਦੀ ਪੂਰਤੀ ਵਿਚ ਟਾਲ ਮਟੋਲ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਪੰਜਾਬ ਦੇ ਕੈਬਨਿਟ ਮੰਤਰੀਆਂ ਦਾ ਸਰਕਾਰੀ ਦੌਰਿਆਂ ਦੌਰਾਨ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ । ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ । ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ ਗਈ ।

