ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
- 70 Views
- kakkar.news
- January 26, 2024
- Punjab
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਫ਼ਿਰੋਜ਼ਪੁਰ 26 ਜਨਵਰੀ 2024 (ਅਨੁਜ ਕੱਕੜ ਟੀਨੂੰ)
ਅੱਜ ਗਣਤੰਤਰਤਾ ਦਿਵਸ ਦੇ ਸਬੰਧ ਵਿੱਚ ਇਥੋਂ ਦੇ ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਪ੍ਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਕਦਮ ਉੱਠਾਏ ਗਏ ਹਨ ਅਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੀ ਵੰਡ ਕੀਤੀ ਗਈ ਹੈ। ਜੇਤੂ ਖਿਡਾਰੀਆਂ ਨੂੰ 22 ਮਹੀਨਿਆਂ ਦੌਰਾਨ 70 ਕਰੋੜ ਰੁਪਏ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ ਕੋਚਾਂ ਦੀਆਂ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾਂ ਤੱਕ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨੂੰ ਦੇਸ਼ ਦਾ ਮੁੜ ਤੋਂ ਨੰਬਰ ਇੱਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਹੈ ਅਤੇ ਖਿਡਾਰੀਆਂ ਨੂੰ ਤਿਆਰੀ ਲਈ ਨਕਦ ਇਨਾਮ ਰਾਸ਼ੀ ਅਤੇ ਫਿਰ ਤਮਗਾ ਜਿੱਤਣ ਤੇ ਇਨਾਮ ਰਾਸ਼ੀ ਅਤੇ ਨੌਕਰੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 58 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਨੇ ਵੀ ਦੇਸ਼ ਨੂੰ ਵੱਡੇ ਖਿਡਾਰੀ ਦਿੱਤੇ ਹਨ।ਇਸ ਮੌਕੇ ਉਨ੍ਹਾਂ ਨੇ ਸੁਪਰ 100 ਸਕੀਮ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ ਜ਼ਿਲ੍ਹੇ ਦੇ 100 ਉਭਰਦੇ ਖਿਡਾਰੀਆਂ ਦੀ ਚੋਣ ਕਰਕੇ ਉਨ੍ਹਾਂ ਨੂੰ ਅੰਤਰ-ਰਾਸ਼ਟਰੀ ਪੱਧਰ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਪੰਜਾਬ ਨੂੰ ਨੰਬਰ ਇੱਕ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਵੀ ਕੀਤਾ ਤੇ ਕਿਹਾ ਕਿ ਸ਼ਹੀਦੀ ਸਮਾਰਕ ਹੁਸੈਨੀਵਾਲਾ ਸਮੇਤ ਫਿਰੋਜ਼ਸ਼ਾਹ, ਮੁੱਦਕੀ, ਸਭਰਾਵਾਂ, ਸਾਰਾਗੜ੍ਹੀ ਸਮੇਤ ਹੋਰ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਯੋਗ ਕਦਮ ਚੁੱਕੇ ਗਏ ਹਨ ਤਾਂ ਜੋ ਦੂਰ-ਦੁਰਾਡੇ ਤੋਂ ਲੋਕ ਇਨ੍ਹਾਂ ਇਤਿਹਾਸਕ ਸਥਾਨਾਂ ਬਾਰੇ ਜਾਣੂ ਹੋ ਸਕਣ ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਗ਼ਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਲੀਡ ਬੈਂਕ ਅਤੇ ਨਗਰ ਕੌਂਸਲ ਵੱਲੋਂ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਅਤੇ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਅਤੇ ਸਭਿਆਚਾਰਕ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਇਤਿਹਾਸਕ ਦਿਹਾੜੇ ਤੇ ਜ਼ਿਲ੍ਹਾ ਰੈੱਡ ਕਰਾਸ ਸੰਸਥਾ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ, ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਸਮੇਤ ਯੂਥ ਕਲੱਬਾਂ, ਖਿਡਾਰੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ਆਦਿ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਵੀ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਇਸ ਤੋਂ ਪਹਿਲਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹੇ ਦੇ ਵਿਧਾਇਕਾਂ, ਅਧਿਕਾਰੀਆਂ ਨਾਲ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਯਾਦਗਾਰਾਂ ਤੇ ਫੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਇਸ ਸਮਾਗਮ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ, ਏ.ਡੀ.ਜੀ.ਪੀ. ਸ੍ਰੀ ਮੁਨੀਸ਼ ਚਾਵਲਾ, ਐਸ.ਪੀ. (ਡੀ) ਸ੍ਰੀ ਰਣਧੀਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ. ਮਲਕੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਸ੍ਰੀ ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024